ਅੰਮ੍ਰਿਤਸਰ, 24 ਸਤੰਬਰ (ਖੇਤਰੀ ਪ੍ਰਤੀਨਿਧੀ) - ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਅੱਜ ਅੰਮ੍ਰਿਤਸਰ ਦੇ ਲੀ-ਮੈਰੀਡੀਅਨ ਹੋਟਲ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣਾ ਹੈ।
ਅੱਜ ਦੀ ਐਨ.ਆਰ.ਆਈ. ਮਿਲਣੀ ਵਿੱਚ ਮਾਝੇ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਇਸ ਮੌਕੇ ਇਨ੍ਹਾਂ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਮਿਲਣੀ ਦੌਰਾਨ ਪ੍ਰਵਾਸੀ ਪੰਜਾਬੀਆਂ ਦੀਆਂ 75 ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕੈਬਨਿਟ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਨਿਪਟਾਰੇ ਲਈ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਨ੍ਹਾਂ ਨੇ ਆਪਣੀ ਮਿਹਨਤ ਨਾਲ ਦੁਨੀਆ ਭਰ ਵਿੱਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈਜ਼ ਨਾਲ ਸਬੰਧਤ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 12 ਐੱਨ.ਆਰ.ਆਈ. ਮਿਲਣੀ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 8 ਆਨ ਲਾਈਨ ਮਿਲਣੀਆਂ ਵੱਖਰੇ ਤੌਰ `ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਕਾਰਵਾਈ ਕਰ ਰਹੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਲੰਬੇ ਸਮੇਂ ਤੋਂ ਲੰਬਿਤ ਹੈ ਜਾਂ ਜਿਨ੍ਹਾਂ ਵਿੱਚ ਸੁਣਵਾਈ ਦੀ ਪ੍ਰਕਿਰਿਆ ਧੀਮੀ ਹੈ, ਉਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਸਮੀਖਿਆ ਕਰਕੇ ਇਨ੍ਹਾਂ ਮਾਮਲਿਆਂ ਦਾ ਯੋਗ ਅਤੇ ਸਮਾਂਬੱਧ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ, ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਾਇਅਬ, ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਕਮਲ ਗਰਗ ਅਤੇ ਸ. ਸੁਖਜਿੰਦਰ ਸਿੰਘ ਸੰਧੂ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਹਰਮਨਦੀਪ ਸਿੰਘ ਗਿੱਲ, ਐੱਸ.ਡੀ.ਐੱਮ. ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ ਪ੍ਰਗਤੀ ਸੇਠੀ, ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਸਮੇਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Tags:
ਅੰਮ੍ਰਿਤਸਰ