ਮਮਦੋਟ (ਫਿਰੋਜ਼ਪੁਰ) 22 ਸਤੰਬਰ - ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਜੀਵਨ, ਬਾਣੀ ਅਤੇ ਸੰਦੇਸ਼ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਲਕਾ ਮਮਦੋਟ ਦੇ ਪਿੰਡ ਬੁਰਜ ਮੱਖਣ ਸਿੰਘ, ਬਸਤੀ ਬੁੱਟਰ ਅਤੇ ਚੱਕ ਅਮਰੀਕ ਸਿੰਘ ਵਿਖੇ ਐਲਈਡੀ ਵੈਨ ਰਾਹੀਂ 30 ਮਿੰਟ ਦੀ ਡਾਕੂਮੈਂਟਰੀ ਫਿਲਮ ਦਿਖਾਈ ਗਈ। ਵੱਡੀ ਐਲਈਡੀ ਸਕਰੀਨ ’ਤੇ ਦਿਖਾਈ ਗਈ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ, ਦਇਆ, ਪ੍ਰੇਮ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਦਰਸਾਉਂਦੀ ਹੈ। ਇਸ ਉਪਰਾਲੇ ਦਾ ਮੁੱਖ ਮਕਸਦ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਹਰ ਵਰਗ ਤੱਕ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨਾ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਇਹ ਡਾਕੂਮੈਂਟਰੀ ਹਲਕੇ ਦੇ ਰੋਜ਼ਾਨਾ ਤਿੰਨ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ। ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਸਹਾਈ ਸਾਬਤ ਹੋਣਗੇ।
Tags:
ਫਿਰੋਜ਼ਪੁਰ