-ਮਿੱਟੀ ਦੀ ਸਿਹਤ ਸੰਭਾਲ ਲਈ ਵਿਗਿਆਨਕ ਖੇਤੀ ਤਕਨੀਕਾਂ ਨੂੰ ਅਪਣਾਇਆ ਜਾਵੇ - ਡਾ. ਭੁਪਿੰਦਰ ਸਿੰਘ ਏ.ਓ
ਤਰਨ ਤਾਰਨ, 26 ਸਤੰਬਰ - ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਵੱਲੋਂ ਆਤਮਾ ਸਕੀਮ ਅਧੀਨ ਡਾ. ਭੁਪਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪੰਨੂ ਵਰਮੀ ਕੰਪੋਸਟ ਫਾਰਮ, ਲੌਹਕਾ ਵਿਖੇ ਵਰਮੀ ਕੰਪੋਸਟ ਫਾਰਮ ਸਕੂਲ ਦਾ ਚੌਥਾ ਅਤੇ ਅੰਤਿਮ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਡਾ. ਭੁਪਿੰਦਰ ਸਿੰਘ ਨੇ ਕਿਸਾਨਾਂ ਨੂੰ ਵਰਮੀ ਕੰਪੋਸਟ ਦੀ ਮਹੱਤਤਾ, ਤਿਆਰੀ ਅਤੇ ਸਹੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਰਮੀ ਕੰਪੋਸਟ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਅਤੇ ਜੈਵਿਕ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡਾ. ਪਰਮਿੰਦਰ ਕੌਰ, ਏ.ਡੀ.ਓ. ਪਲਾਂਟ ਪ੍ਰੋਟੈਕਸ਼ਨ ਵੱਲੋਂ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਪਛਾਣ, ਰੋਕਥਾਮ ਅਤੇ ਸੁਚੱਜੇ ਪੌਦਾ ਸੁਰੱਖਿਆ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਰਮੀ ਕੰਪੋਸਟ ਯੂਨਿਟ ਸਥਾਪਤ ਕਰਨ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ/ਵਿੱਤੀ ਸਹਾਇਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਅਗਾਂਹਵਧੂ ਕਿਸਾਨ ਤਰਸੇਮ ਸਿੰਘ ਨੇ ਵਰਮੀ ਕੰਪੋਸਟ ਤਿਆਰ ਕਰਨ ਸਬੰਧੀ ਆਪਣਾ ਅਮਲੀ ਤਜ਼ਰਬਾ ਕਿਸਾਨਾਂ ਨਾਲ ਸਾਂਝਾ ਕੀਤਾ। ਸੈਸ਼ਨ ਦੀ ਸਮਾਪਤੀ ਮੌਕੇ ਫਾਰਮ ਸਕੂਲ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ, ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਵਰਮੀ ਕੰਪੋਸਟ ਦੇ ਪੈਕਟ ਵੰਡੇ ਗਏ। ਇਸ ਮੌਕੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ, ਖੇਤੀ ਲਾਗਤਾਂ ਨੂੰ ਤਰਕਸੰਗਤ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਵਰਮੀ ਕੰਪੋਸਟ ਸਮੇਤ ਜੈਵਿਕ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਵਿਗਿਆਨਕ ਖੇਤੀ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸੈਸ਼ਨ ਦੇ ਸਫਲ ਆਯੋਜਨ ਵਿੱਚ ਗੁਰਦੇਵ ਸਿੰਘ ਮਾਣਕਪੁਰਾ ਅਤੇ ਗੁਰਦੇਵ ਸਿੰਘ ਸਰਹਾਲੀ ਖੇਤੀ ਸਹਾਇਕ ਪ੍ਰਬੰਧਕ, ਖੇਤੀ ਉਪ ਨਿਰੀਖਕ ਨਿਸ਼ਾਨ ਸਿੰਘ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੂੰ 29 ਸਤੰਬਰ ਨੂੰ ਭੱਠਲ ਫਾਰਮ, ਨੌਸ਼ਹਿਰਾ ਪੰਨੂਆਂ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ।
Tags:
ਤਰਨਤਾਰਨ