ਫਗਵਾੜਾ, 22 ਸਤੰਬਰ - ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀਜ਼ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੇ ਮੰਗਲਵਾਰ ਨੂੰ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਫ਼ਾਈ ਕਰਮਚਾਰੀਆਂ ਲਈ ਭਲਾਈ ਸਕੀਮਾਂ ਦੇ ਲਾਗੂਕਰਨ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਸਮੇਂ ਸਿਰ ਲਾਭ, ਸਮਾਜਿਕ ਸੁਰੱਖਿਆ ਤੇ ਮੁਸ਼ਕਲਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਨਗਰ ਨਿਗਮ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਦੌਰਾਨ, ਹਰਦੀਪ ਸਿੰਘ ਗਿੱਲ ਨੇ ਭਲਾਈ ਵਿਭਾਗ ਨੂੰ ਹੁਕਮ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਹੱਲ ਕਰਨ ਲਈ 'ਜ਼ਿਲ੍ਹਾ ਨਿਗਰਾਨੀ ਕਮੇਟੀ' ਦੀ ਮੀਟਿੰਗ ਨਿਯਮਤ ਤੌਰ 'ਤੇ ਸੱਦੀ ਜਾਵੇ ਅਤੇ ਕਰਮਚਾਰੀਆਂ ਦੀ ਭਲਾਈ 'ਤੇ ਲਗਾਤਾਰ ਨਜ਼ਰ ਰੱਖਣ ਲਈ ਜ਼ਿਲ੍ਹਾ ਅਤੇ ਉਪ-ਮੰਡਲ ਪੱਧਰ 'ਤੇ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਸਫ਼ਾਈ ਕਰਮਚਾਰੀ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਦਿੱਤਾ ਜਾਵੇ ਅਤੇ ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੇ ਖਾਲੀ ਪਏ ਅਹੁਦੇ ਜਲਦੀ ਭਰੇ।
ਉਨ੍ਹਾਂ ਇਸ ਗੱਲ 'ਤੇ ਵੀ ਸਖ਼ਤ ਜ਼ੋਰ ਦਿੱਤਾ ਕਿ ਕਿਸੇ ਵੀ ਹਾਲਤ ਵਿੱਚ ਹੱਥਾਂ ਨਾਲ ਮਲ ਚੁੱਕਣ (ਮੈਨੁਅਲ ਸਕੈਵੰਜਰਜ਼) ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਹੋਣੀ ਚਾਹੀਦੀ ਹੈ। ਗਿੱਲ ਨੇ ਨਗਰ ਨਿਗਮ ਨੂੰ ਇਹ ਵੀ ਹਦਾਇਤ ਕੀਤੀ ਕਿ ਕਰਮਚਾਰੀਆਂ ਨੂੰ ਤਨਖ਼ਾਹਾਂ ਸਮੇਂ ਸਿਰ ਮਿਲਣ, ਬੀਮਾ ਕਵਰ ਦਿੱਤਾ ਜਾਵੇ ਅਤੇ ਕਮਿਸ਼ਨ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾ ਕੇ ਉਨ੍ਹਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਬਾਰੇ ਸੰਵੇਦਨਸ਼ੀਲ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਫਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ, ਸਨਮਾਨ ਅਤੇ ਸੁਰੱਖਿਆ ਸਰਕਾਰ ਦੀ ਮੁੱਖ ਪਹਿਲ ਹੋਣੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਫਗਵਾੜਾ, ਰਣਦੀਪ ਸਿੰਘ ਹੀਰ ਸਮੇਤ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
Tags:
ਫਗਵਾੜਾ