ਸਰਕਾਰ ਦੀਆਂ ਵਿਕਾਸ ਅਤੇ ਲੋਕ ਭਲਾਈ ਪਹਿਲਕਦਮੀਆਂ ਬਾਰੇ ਦੱਸਿਆ
ਫਗਵਾੜਾ, 26 ਸਤੰਬਰ (ਪਤਰਪ੍ਰੇਰਕ) - ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜਗਤਪੁਰ ਜੱਟਾਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਕਪੂਰਥਲਾ ਵਿੱਚ 1.14 ਲੱਖ ਤੋਂ ਵੱਧ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਸ ਤਹਿਤ ਯੋਗ ਪਰਿਵਾਰਾਂ ਨੂੰ ਪੰਜਾਬ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੀ ਨਕਦ-ਰਹਿਤ ਸਿਹਤ ਕਵਰੇਜ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਗੰਭੀਰ ਬਿਮਾਰੀਆਂ, ਸਰਜਰੀਆਂ ਤੇ ਹੋਰ ਮਹਿੰਗੇ ਇਲਾਜਾਂ ਕਾਰਨ ਪਰਿਵਾਰਾਂ ’ਤੇ ਪੈਣ ਵਾਲੇ ਵਿੱਤੀ ਬੋਝ ਤੋਂ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 909 ਸੂਚੀਬੱਧ ਹਸਪਤਾਲਾਂ ਵਿੱਚ 2,356 ਇਲਾਜ ਪੈਕੇਜ ਉਪਲਬਧ ਹਨ, ਜਿਨ੍ਹਾਂ ਵਿੱਚ 684 ਨਿੱਜੀ ਅਤੇ 225 ਸਰਕਾਰੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਯੋਗ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਿਹਤ ਸਹੂਲਤਾਂ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਅਗਾਊਂ ਅਪਾਇੰਟਮੈਂਟ ਦੇ ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰਾਂ ਅਤੇ ਜ਼ਿਲ੍ਹੇ ਭਰ ਵਿੱਚ ਲਗਾਏ ਜਾ ਰਹੇ ਸਰਕਾਰੀ ਰਜਿਸਟ੍ਰੇਸ਼ਨ ਕੈਂਪਾਂ ਰਾਹੀਂ ਨਾਮ ਦਰਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਨੂੰ ਆਪਣਾ ਆਧਾਰ ਕਾਰਡ ਅਤੇ ਵੋਟਰ ਆਈ.ਡੀ. ਕਾਰਡ ਨਾਲ ਲੈ ਕੇ ਆਉਣਾ ਹੋਵੇਗਾ। ਡਾ. ਚੱਬੇਵਾਲ ਨੇ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਸਿਹਤ, ਸਿੱਖਿਆ, ਸੜਕਾਂ, ਸਮਾਜਿਕ ਸੁਰੱਖਿਆ, ਖੇਡਾਂ, ਪੇਂਡੂ ਬੁਨਿਆਦੀ ਢਾਂਚੇ, ਖੇਤੀਬਾੜੀ, ਸਿੰਚਾਈ ਅਤੇ ਰੋਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਪਹਿਲਕਦਮੀਆਂ ਅਤੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਸਰਕਾਰ ਦੀਆਂ ਪਹਿਲਕਦਮੀਆਂ ਨਾਲ ਲੋਕਾਂ ਨੂੰ ਮਿਲ ਰਹੇ ਵਿੱਤੀ ਲਾਭਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਵੱਖ-ਵੱਖ ਯੋਜਨਾਵਾਂ ਰਾਹੀਂ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ। ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਲੋਕ ਭਲਾਈ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਯੋਗ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਯੋਗ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਨੇ ਮਿਆਰੀ ਸਿੱਖਿਆ ਅਤੇ ਬਿਹਤਰ ਸਿੱਖਣ ਦੇ ਮੌਕੇ ਪ੍ਰਦਾਨ ਕਰਨ ਲਈ ਸਥਾਪਿਤ ਕੀਤੇ ਜਾ ਰਹੇ ਸਕੂਲ ਆਫ਼ ਐਮੀਨੈਂਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ ਅਤੇ ਹਜ਼ਾਰਾਂ ਨਵੀਆਂ ਖੇਡ ਸਹੂਲਤਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 3,100 ਖੇਡ ਮੈਦਾਨ ਵੀ ਸ਼ਾਮਲ ਹਨ। ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵੀ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਸਿੰਚਾਈ ਸਹੂਲਤਾਂ ਵਿੱਚ ਸੁਧਾਰ, ਫ਼ਸਲਾਂ ਦੀ ਸਮੇਂ ਸਿਰ ਅਦਾਇਗੀ, 70,000 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਸਾਲ 2022 ਤੋਂ ਲਾਗੂ ਕੀਤੇ ਹੋਰ ਲੋਕ ਭਲਾਈ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਦੱਸਦਿਆਂ ਕਿਹਾ ਕਿ ਇਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਮਾਤਾ ਨੈਣਾ ਦੇਵੀ, ਮਥੁਰਾ-ਵ੍ਰਿੰਦਾਵਨ, ਖਾਟੂ ਸ਼ਿਆਮ ਜੀ, ਹਰਿਦੁਆਰ, ਰਿਸ਼ੀਕੇਸ਼ ਅਤੇ ਸਾਲਾਸਰ ਬਾਲਾਜੀ ਸਮੇਤ ਵੱਖ-ਵੱਖ ਪਵਿੱਤਰ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।
Tags:
ਫਗਵਾੜਾ