ਅੰਮ੍ਰਿਤਸਰ, 23 ਸਤੰਬਰ (ਪਤਰਪ੍ਰੇਰਕ) - ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੂਨੇਜਾ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕਮਿਸ਼ਨ ਦੀ ਉੱਚ-ਪੱਧਰੀ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਸੂਬੇ ਦੇ ਵਪਾਰੀਆਂ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦੇ ਉਠਾਏ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ। ਮੀਟਿੰਗ ਵਿੱਚ ਉਦਯੋਗ ਮੰਤਰੀ ਅਮਨ ਅਰੋੜਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ, ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਰਣਜੀਤ ਪਾਲ ਸਿੰਘ ਅਤੇ ਕਮਿਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ।
ਮੀਟਿੰਗ ਦੌਰਾਨ ਪੰਜਾਬ ਦੇ ਵਪਾਰਕ ਭਾਈਚਾਰੇ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੂਬਾ ਪੋਰਟਲ ’ਤੇ ਦਰਜ ਲੰਬਿਤ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਲਈ ਟੀਚੇ ਨਿਰਧਾਰਤ ਕੀਤੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਮਿਸ਼ਨ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਵਿੱਚ ਸਿਰਫ਼ ਗਜ਼ਟਿਡ ਰੈਂਕ ਦੇ ਅਧਿਕਾਰੀ ਹੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਅਗਲੀਆਂ ਮੀਟਿੰਗਾਂ ਦੀਆਂ ਤਰੀਕਾਂ ਇੱਕ-ਦੋ ਹਫ਼ਤਿਆਂ ਦੇ ਅੰਦਰ ਐਲਾਨੀਆਂ ਜਾਣਗੀਆਂ। ਸ਼ੀਤਲ ਜੂਨੇਜਾ ਨੇ ਵਪਾਰੀਆਂ, ਕਾਰੋਬਾਰੀਆਂ ਅਤੇ ਗਾਹਕਾਂ ਦੀ ਸਹੂਲਤ ਲਈ ਹਰ ਵਪਾਰਕ ਬਾਜ਼ਾਰ ਵਿੱਚ ਪੁਰਸ਼ਾਂ ਅਤੇ ਮਹਿਲਾਵਾਂ ਲਈ ਵੱਖ-ਵੱਖ ਪਖਾਨਿਆਂ ਦੀ ਵਿਵਸਥਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਫਾਰਮਾਸਿਊਟੀਕਲ ਯੂਨਿਟਾਂ ਦੇ ਲੰਬਿਤ ਜੀਐਸਟੀ ਰਿਫੰਡ ਦਾ ਮੁੱਦਾ ਵੀ ਉਠਾਇਆ। ਇਸ ਤੋਂ ਇਲਾਵਾ ਉਨ੍ਹਾਂ ਇੰਪਰੂਵਮੈਂਟ ਟਰੱਸਟਾਂ ਅਤੇ ਨਗਰ ਨਿਗਮਾਂ ਦੀ ਮਲਕੀਅਤ ਵਾਲੀਆਂ ਦੁਕਾਨਾਂ ਦੇ ਇੰਤਕਾਲ ਨਿਯਮਤ ਕਰਨ ਦੀ ਅਪੀਲ ਵੀ ਕੀਤੀ। ਸ਼ੀਤਲ ਜੂਨੇਜਾ ਨੇ ਵਪਾਰਕ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਸੂਬੇ ਭਰ ਦੇ ਵਪਾਰੀਆਂ ਦੀ ਭਲਾਈ ਅਤੇ ਸਹੂਲਤ ਲਈ ਲਗਾਤਾਰ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
Tags:
ਅੰਮ੍ਰਿਤਸਰ