ਤਰਨਤਾਰਨ 3 ਅਕਤੂਬਰ (ਪੱਤਰ ਪ੍ਰੇਰਕ) — ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਭੰਗਾਲਾ ਵਿਖੇ ਇਕ ਪੈਟਰੋਲ ਪੰਪ ’ਤੇ ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗਨੀਮਤ ਰਹੀ ਕਿ ਗੋਲੀਬਾਰੀ ਦੌਰਾਨ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਘਟਨਾ ਤੋਂ ਬਾਅਦ ਪੰਪ ਮਾਲਕ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਜਾਣਕਾਰੀ ਮੁਤਾਬਕ ਪਿੰਡ ਭੰਗਾਲਾ ਸਥਿਤ ਗੋਬਿੰਦ ਫਿਲਿੰਗ ਸਟੇਸ਼ਨ ਦੇ ਮਾਲਕ ਪਰਮਜੀਤ ਸਿੰਘ ਨੂੰ ਪਿਛਲੇ ਕੁਝ ਦਿਨਾਂ ਤੋਂ ਕਥਿਤ ਤੌਰ ’ਤੇ ਵਿਦੇਸ਼ ਬੈਠੇ ਗੈਂਗਸਟਰਾਂ ਵੱਲੋਂ ਫੋਨ ਕਰ ਕੇ ਲੱਖਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮੰਗ ਪੂਰੀ ਨਾ ਹੋਣ ’ਤੇ ਸ਼ੁੱਕਰਵਾਰ ਦੁਪਹਿਰ ਕਰੀਬ 12 ਵਜੇ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ ਹਮਲਾਵਰਾਂ ਨੇ ਪੈਟਰੋਲ ਪੰਪ ’ਤੇ ਫਾਇਰਿੰਗ ਕਰ ਦਿੱਤੀ।
ਫਾਇਰਿੰਗ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੱਟੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਆਸ-ਪਾਸ ਦੇ ਇਲਾਕੇ ਵਿੱਚ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਪੰਪ ਮਾਲਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਫਿਰੌਤੀ ਦੀ ਮੰਗ ਸਬੰਧੀ ਕਥਿਤ ਤੌਰ ’ਤੇ ਲਗਾਤਾਰ ਫੋਨ ਕਾਲਾਂ ਆਉਣ ਕਾਰਨ ਉਹ ਡਰੇ ਹੋਏ ਹਨ। ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਸਬੰਧੀ ਡੀ.ਐੱਸ.ਪੀ. ਇਨਵੈਸਟੀਗੇਸ਼ਨ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦੀ ਭਾਲ ਲਈ ਇਲਾਕੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਸ ਟੀਮਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।